ਹੁਕਮਨਾਮਾ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 30.05.2010, ਐਤਵਾਰ, ੧੭ ਜੇਠ (ਸੰਮਤ ੫੪੨ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
ਹਰਿ ਜਨ ਕਉ ਇਹੀ ਸੁਹਾਵੈ ॥
ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥
(ਅੰਗ ੬੧੩)
ਪੰਜਾਬੀ ਵਿਚ ਵਿਆਖਿਆ :-
(ਹੇ ਭਾਈ ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ,ਵਾਹਿਗੁਰੂ ਜੀ ਕੀ ਫਤਿਹ



Reply With Quote